ਲਾਲ ਚੰਦ ਕਟਾਰੂਚੱਕ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਪਨਸਪ ਦੇ ਗੁਦਾਮਾਂ ਦਾ ਕੀਤਾ ਦੌਰਾ

 ਲਾਲ ਚੰਦ ਕਟਾਰੂਚੱਕ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਪਨਸਪ ਦੇ ਗੁਦਾਮਾਂ ਦਾ ਕੀਤਾ ਦੌਰਾ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼, ਖਪਤਕਾਰ ਸੁਰੱਖਿਆ ਮਾਮਲੇ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

ਲਾਲ ਚੰਦ ਕਟਾਰੂਚੱਕ ਨੇ ਅੱਜ ਪਟਿਆਲਾ ਦੇਵੀਗੜ੍ਹ ਰੋਡ ਤੇ ਸਥਿਤ ਪਨਸਪ ਦੇ ਓਪਨ ਪਲਿੰਥ ਦਾ ਦੌਰਾ ਕਰਕੇ ਇੱਥੋਂ ਪਿਛਲੇ ਦਿਨੀਂ ਕਣਕ ਦੀਆਂ ਕਰੀਬ 20 ਹਜ਼ਾਰ ਬੋਰੀਆਂ ਦੇ ਗਾਇਬ ਹੋਣ ਕਾਰਨ ਸਾਹਮਣੇ ਆਏ ਤਿੰਨ ਕਰੋੜ ਰੁਪਏ ਦੇ ਵਿੱਤੀ ਨੁਕਸਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਉਹਨਾਂ ਦੇ ਨਾਲ ਸਨ।

ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਪਨਸਪ ਦੇ ਮੈਨੇਜਿੰਗ ਡਾਇਰੈਕਟਰ ਅੰਮ੍ਰਤ ਕੌਰ ਗਿੱਲ ਅਤੇ ਜ਼ਿਲ੍ਹਾ ਮੈਨੇਜਰ ਅਮਿਤ ਕੁਮਾਰ ਤੋਂ ਮਾਮਲੇ ਦੀ ਪੂਰੀ ਜਾਣਕਾਰੀ ਹਾਸਲ ਕਰਦਿਆਂ ਵਿਭਾਗ ਦੇ ਫੀਲਡ ਅਮਲੇ ਨਾਲ ਵੀ ਗੱਲਬਾਤ ਕੀਤੀ ਅਤੇ ਇਸ ਮਾਮਲੇ ਦੀ ਪੜਤਾਲ ਦਾ ਘੇਰਾ ਵਧਾਉਣ ਦੀਆਂ ਹਦਾਇਤਾਂ ਕੀਤੀਆਂ। ਖੁਰਾਕ ਸਪਲਾਈ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਘਪਲੇਬਾਜ਼ਾਂ ਅਤੇ ਭ੍ਰਿਸ਼ਟਾਚਾਰ ਵਿੱਚ ਲਿਪਤ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਹੋਰ ਜ਼ਿੰਮੇਵਾਰਾਂ ਨਾਲ ਸਖ਼ਤੀ ਨਾਲ ਪੇਸ਼ ਆਵੇਗੀ।

ਉਹਨਾਂ ਅੱਗੇ ਕਿਹਾ ਕਿ ਕਰੀਬ ਤਿੰਨ ਕਰੋੜ ਰੁਪਏ ਦੀ ਠੱਗੀ ਮਾਰ ਕੇ ਭੱਜੇ ਇੰਸਪੈਕਟਰ ਗੁਰਿੰਦਰ ਸਿੰਘ ਵਿਰੁਧ ਪੁਲਿਸ ਕੇਸ ਦਰਜ ਹੋ ਚੁੱਕਾ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਕੇ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਕਿਸ ਪੱਧਰ ਤੇ ਕੌਣ-ਕੌਣ ਸ਼ਾਮਲ ਰਿਹਾ ਹੈ। ਭਾਵੇਂ ਉਹ ਸਰਕਾਰੀ ਅਧਿਕਾਰੀ ਜਾਂ ਕੋਈ ਸਿਆਸੀ ਵਿਅਕਤੀ ਹੋਵੇ, ਨੂੰ ਬੇਪਰਦ ਕਰਕੇ ਮਿਸਾਲੀ ਸਜਾਵਾਂ ਦਿਵਾਈਆਂ ਜਾਣਗੀਆਂ।

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਜਿੱਥੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਪਿੰਡ ਤੋਂ ਲੋਕਾਂ ਨੂੰ ਬਿਹਤਰ ਸਰਕਾਰ ਤੇ ਚੰਗਾ ਪ੍ਰਸ਼ਾਸਨ ਦੇਣ ਤੇ ਲੋਕਾਂ ਦੀਆਂ ਇੱਛਾਵਾਂ ‘ਤੇ ਪੂਰਾ ਖਰ੍ਹਾ ਉਤਰਨ ਦੀ ਸਹੁੰ ਖਾਧੀ ਹੈ ਉਥੇ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ।

Leave a Reply

Your email address will not be published.