ਲੋਕ ਸਭਾ ’ਚ ਐਨਸੀਟੀ ਬਿੱਲ ਪਾਸ ਹੋਣ ਤੋਂ ਬਾਅਦ ਕੇਜਰੀਵਾਲ ਦਾ ਆਇਆ ਬਿਆਨ

ਲੋਕ ਸਭਾ ਵਿੱਚ ਕੱਲ੍ਹ ਰਾਸ਼ਟਰੀ ਰਾਜ ਖੇਤਰ ਸਾਸ਼ਨ ਬਿੱਲ, 2021 ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਬਿੱਲ ਵਿੱਚ ਦਿੱਲੀ ਦੇ ਉਪ ਰਾਜਪਾਲ ਦੀਆਂ ਕੁੱਝ ਭੂਮਿਕਾਵਾਂ ਅਤੇ ਅਧਿਕਾਰਾਂ ਨੂੰ ਪ੍ਰਭਾਸ਼ਿਤ ਕੀਤਾ ਗਿਆ ਹੈ। ਇਸ ਤੋਂ ਬਾਅਦ ਦਿੱਲੇ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਭਾਜਪਾ ਨੇ ਦਿੱਲੀ ਦੇ ਜਨਤਾ ਨੂੰ ਧੋਖਾ ਦਿੱਤਾ ਹੈ।

ਜਿੱਤਣ ਵਾਲਿਆਂ ਤੋਂ ਸ਼ਕਤੀਆਂ ਖੋਹ ਕੇ ਹਾਰਨ ਵਾਲਿਆਂ ਨੂੰ ਦੇ ਦਿੱਤੀਆਂ ਹਨ। ਬਿੱਲ ’ਤੇ ਚਰਚਾ ਦਾ ਜਵਾਬ ਦਿੰਦੇ ਹੋਏ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈੱਡੀ ਨੇ ਕਿਹਾ ਕਿ ਸੰਵਿਧਾਨ ਮੁਤਾਬਕ ਦਿੱਲੀ ਵਿਧਾਨ ਸਭਾ ਤੋਂ ਸੀਮਤ ਅਧਿਕਾਰਾਂ ਵਾਲਾ ਇਕ ਕੇਂਦਰ ਸ਼ਾਸ਼ਿਤ ਸੂਬਾ ਹੈ।
ਉਹਨਾਂ ਅੱਗੇ ਕਿਹਾ ਕਿ ਕੁੱਝ ਸਪੱਸ਼ਟੀਕਰਨ ਲਈ ਇਹ ਬਿੱਲ ਲਿਆਂਦਾ ਗਿਆ ਹੈ, ਜਿਸ ਨਾਲ ਦਿੱਲੀ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ। ਇਸ ਬਿੱਲ ਨੂੰ ਸਿਆਸੀ ਨਜ਼ਰੀਏ ਤੋਂ ਨਹੀਂ ਲਿਆਂਦਾ, ਤਕਨੀਕੀ ਕਾਰਨਾਂ ਕਰ ਕੇ ਲਿਆਂਦਾ ਗਿਆ ਹੈ। ਮੰਤਰੀ ਦੇ ਜਵਾਬ ਤੋਂ ਬਾਅਦ ਲੋਕ ਸਭਾ ਨੇ ਆਵਾਜ਼ ਮਤ ਰਾਹੀਂ ਰਾਸ਼ਟਰੀ ਰਾਜਧਾਨੀ ਰਾਜ ਖੇਤਰ ਸ਼ਾਸਨ ਬਿੱਲ 2021 ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ।
ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅਪਣੇ ਫ਼ੈਸਲੇ ਵਿੱਚ ਕਿਹਾ ਕਿ ਮੰਤਰੀ ਪਰੀਸ਼ਦ ਦੇ ਫ਼ੈਸਲੇ, ਏਜੰਡਾ ਬਾਰੇ ਉੱਪ ਰਾਜਪਾਲ ਨੂੰ ਸੂਚਿਤ ਕਰਨਾ ਜ਼ਰੂਰੀ ਹੈ। ਉਹਨਾਂ ਅੱਗੇ ਕਿਹਾ ਕਿ ਇਸ ਬਿੱਲ ਰਾਹੀਂ ਕਿਸੇ ਤੋਂ ਕੋਈ ਅਧਿਕਾਰ ਨਹੀਂ ਖੋਹਿਆ ਜਾ ਰਿਹਾ ਹੈ।
