ਵਿਜੀਲੈਂਸ ਬਿਊਰੋ ਨੇ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਫੜਿਆ ਰੰਗੇ ਹੱਥੀਂ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀਐਸਪੀਸੀਐਲ ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇਈ ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਪਰੋਕਤ ਜੇਈ ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।