ਵੱਡੀ ਖਬਰ: ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਭਾਰਤ ਭੂਸ਼ਣ ਆਸ਼ੂ ਕਾਰਜਕਾਰੀ ਪ੍ਰਧਾਨ

ਹਲਕਾ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਜਦਕਿ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਹੋਣਗੇ।
ਇਸ ਸਬੰਧੀ ਕਾਂਗਰਸ ਪਾਰਟੀ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਟਵੀਟ ਕੀਤਾ ਕਿ, ਮੈਂ ਮਾਣਯੋਗ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਦਾ ਮੈਨੂੰ INCP ਪੰਜਾਬ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਲਈ ਧੰਨਵਾਦੀ ਹਾਂ।
ਮੈਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਪਾਰਟੀ ਦੇ ਹਰ ਵਰਕਰ ਅਤੇ ਆਗੂ ਨਾਲ ਕੰਮ ਕਰਨ ਦਾ ਵਾਅਦਾ ਕਰਦਾ ਹਾਂ। ਇਸ ਦੇ ਨਾਲ ਹੀ ਉਹਨਾਂ ਨੇ ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ, ਪ੍ਰਤਾਪ ਬਾਜਵਾ ਨੂੰ ਸੀਐਲਪੀ, ਸ਼੍ਰੀ ਡਾ. ਰਾਜ ਕੁਮਾਰ ਨੂੰ ਡਿਪਟੀ ਸੀ.ਐਲ.ਪੀ. ਨਿਯੁਕਤ ਕੀਤੇ ਜਾਣ ਦੀਆਂ ਵਧਾਈਆਂ ਦਿੱਤੀਆਂ।
