ਵੱਡੀ ਖ਼ਬਰ: ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਰੱਖਿਆ ਗਿਆ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’

 ਵੱਡੀ ਖ਼ਬਰ: ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਰੱਖਿਆ ਗਿਆ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਤੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰੱਖੇ ਗਏ ਸਮਾਗਮ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਪੁੱਜੇ ਸਨ। ਉਹਨਾਂ ਨੇ ਚੰਡੀਗੜ੍ਹ ਹਵਾਈ ਅੱਡੇ ਦੇ ਨਵੇਂ ਨਾਮ ਦਾ ਉਦਘਾਟਨ ਕੀਤਾ।

Image

ਇਸ ਉਦਘਾਟਨ ਮੌਕੇ ਉਹਨਾਂ ਨੇ ਪੰਜਾਬ ਵਾਸੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬੀਆਂ ਲਈ ਵੱਡਾ ਦਿਨ ਹੈ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਨਿੱਕੀ ਜਿਹੀ ਉਮਰ ਵਿੱਚ ਹੀ ਫ਼ਾਸੀ ਦਾ ਰੱਸਾ ਚੁੰਮ ਲਿਆ ਸੀ।

ਉਹਨਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਕੈਨੇਡਾ ਅਤੇ ਅਮਰੀਕਾ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ’ਚ ਕਿਹਾ ਸੀ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਸੀ ਕਿ ਇਹ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ।

ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਤੇ ਲਿਖਿਆ-ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…

Leave a Reply

Your email address will not be published.