ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਦਾ ‘ਆਪ’ ਵੱਲੋਂ ਸਾੜਿਆ ਗਿਆ ਪੁਤਲਾ

ਪੰਜਾਬ ਸੂਬੇ ਦੀਆਂ 2022 ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋ ਰਹੀ ਹੈ। ਜਿੱਥੇ ਸੱਤਾਧਾਰੀ ਪਾਰਟੀ ਵੱਲੋਂ ਆਪਣੇ ਕੀਤੇ ਕਾਰਜਾਂ ਨੂੰ ਲੋਕਾਂ ਸਾਹਮਣੇ ਇਸ਼ਤਿਹਾਰਬਾਜ਼ੀ ਕਰਕੇ ਪੇਸ਼ ਕੀਤਾ ਜਾ ਰਿਹਾ ਹੈ। ਉੱਥੇ ਦੂਜੇ ਪਾਸੇ ਵਿਰੋਧੀ ਪਾਰਟੀਆਂ ਵੱਲੋਂ ਮੌਜੂਦਾ ਸਰਕਾਰ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਸਬੰਧੀ ਤਰ੍ਹਾਂ ਤਰ੍ਹਾਂ ਦੇ ਇਲਜ਼ਾਮ ਲਾਏ ਜਾ ਰਹੇ ਹਨ।

ਇਹੀ ਵਜ੍ਹਾ ਹੈ ਕਿ ਪੰਜਾਬ ਸੂਬੇ ’ਚ ਆਮ ਆਦਮੀ ਪਾਰਟੀ ਵੱਲੋਂ ਹਰ ਮੁੱਦੇ ਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਚ ਹੋਏ ਕਰੋੜਾਂ ਰੁਪਏ ਦੇ ਘਪਲੇ ਨੂੰ ਉਜਾਗਰ ਕਰਨ ਲਈ ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਕੰਪਲੈਕਸ ਫਿਰੋਜ਼ਪੁਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਿੱਧੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਐੱਸ ਸੀ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਹੜੱਪ ਕੀਤੇ ਗਏ ਹਨ ਜਿਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਕਾਮ ਤੇ ਫੇਲ੍ਹ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹੱਥਕੰਡੇ ਵਰਤ ਰਹੀ ਹੈ। ਆਗੂਆਂ ਨੇ ਕਿਹਾ ਕਿ ਐੱਸ ਸੀ ਵਿਦਿਆਰਥੀਆਂ ਦੇ ਸਕਾਲਰਸ਼ਿਪ ਦਾ ਕਰੋੜਾਂ ਰੁਪਏ ਹੜੱਪਣ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ ਸੋਧ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।
