ਸਰਕਾਰ ਆਉਣ ’ਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਵਾਂਗੇ ਨੌਕਰੀ: ਸੁਖਬੀਰ ਬਾਦਲ

ਲੱਖਾਂ ਕਿਸਾਨ ਪਿਛਲੇ 7 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੱਟੇ ਬੈਠੇ ਹਨ। ਉਹਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ ਅਤੇ ਫ਼ਸਲਾਂ ‘ਤੇ ਐਮਐੈਸਪੀ ਦੀ ਕਾਨੂੰਨੀ ਗਾਰੰਟੀ ਮੰਗੀ ਜਾ ਰਹੀ ਹੈ। ਅਜਿਹੇ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲਾਈਵ ਹੋ ਕਿਸਾਨ ਅੰਦੋਲਨ ਦੇ ਸ਼ਹੀਦਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ। ਉਹਨਾਂ ਕਿਹੈ ਕਿ 2022 ‘ਚ ਅਕਾਲੀ ਦਲ ਬਸਪਾ ਦੀ ਸਰਕਾਰ ਆਉਣ ‘ਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਹਰ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਦੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਪੋਸਟ-ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਅਤੇ ਸਾਰੇ ਪਰਿਵਾਰ ਨੂੰ ਸਿਹਤ ਬੀਮਾ ਦੀ ਵੀ ਸਹੂਲਤ ਦਿੱਤੀ ਜਾਵੇਗੀ। ਦੱਸ ਦਈਏ ਕਿ ਸੁਖਬੀਰ ਬਾਦਲ ਵੱਲੋਂ ਲਾਈਵ ਵੀਡੀਓ ਦੌਰਾਨ ਇਹ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹਨਾਂ ਦੀ ਸਰਕਾਰ ਬਣਨ ‘ਤੇ ਪਹਿਲੀ ਕੈਬਨਿਟ ਮੀਟਿੰਗ ‘ਚ ਹੀ ਇਹ ਕੰਮ ਕੀਤਾ ਜਾਵੇਗਾ ਕਿ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਸਰਾਕਰੀ ਨੌਕਰੀ ਦਿੱਤੀ ਜਾਵੇ। ਦੱਸ ਦਈਏ ਕਿ ਹੁਣ ਤੱਕ ਕਿਸਾਨ ਅੰਦੋਲਨ ‘ਚ ਕਰੀਬ 550 ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਹੈ।
