News

ਸਰਕਾਰ ਨਾਲ ਬੈਠਕ ਤੋਂ ਪਹਿਲਾਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਕੇਂਦਰ ਨਾਲ ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨ ਜੱਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਕੇਸ਼ ਟਿਕੈਤ ਨੇ ਕਿਹਾ ਕਿ ਜੇ ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ ਹੋਵੇਗੀ।

ਕਿਸਾਨਾਂ ਦੇ ਇਸ ਐਲਾਨ ਨਾਲ ਸਰਕਾਰ ਕਸੂਤੀ ਘਿਰ ਗਈ ਹੈ। ਉਹਨਾਂ ਆਖਿਆ ਕਿ ਕੇਂਦਰ ਸਰਕਾਰ ਨਾਲ ਅੱਜ ਦੀ ਬੈਠਕ ਵਿੱਚ ਤਿੰਨ ਖੇਤੀ ਕਾਨੂੰਨਾਂ ਤੋਂ ਇਲਾਵਾ ਬਿਜਲੀ ਸੋਧ ਬਿੱਲ 2020 ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਦਾ ਜ਼ੁਰਮਾਨਾ ਕਰਨ ਵਾਲਾ ਆਰਡੀਨੈਂਸ ਰੱਦ ਕਰਨ, ਸਾਰੇ ਸੂਬਿਆਂ ਵਿੱਚ ਐਮਐਸਪੀ ਤੇ ਸਰਕਾਰੀ ਖਰੀਦ ਨੂੰ ਸੰਵਿਧਾਨਕ ਦਰਜਾ ਦੇਣ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਦੀ ਮੰਗ ਵੀ ਕੀਤੀ ਜਾਵੇਗੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਨਾਲ ਅੱਜ ਦੀ ਬੈਠਕ ਵਿੱਚ ਪੰਜ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕਿਸੇ ਸੋਧ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ ਤੇ ਇਹਨਾਂ ਕਾਨੂੰਨਾਂ ਦੀ ਮੁਕੰਮਲ ਵਾਪਸੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਉਹਨਾਂ ਐਲਾਨ ਕੀਤਾ ਕਿ ਸੰਘਰਸ਼ ਨੂੰ ਹੋਰ ਤੇਜ਼ ਤੇ ਵਿਸ਼ਾਲ ਕਰਨ ਲਈ ਅੱਜ ਹਰਿਆਣਾ ਦੇ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ ਤੇ ਆਉਂਦੇ ਦਿਨਾਂ ਵਿੱਚ ਟਿਕਰੀ ਬਾਰਡਰ ਤੋਂ ਲੈ ਸ਼ਾਹਜਹਾਂਪੁਰ ਬਾਰਡਰ ਤੱਕ ਵਿਸ਼ਾਲ ਮਾਰਚ ਵੀ ਕੱਢਿਆ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top