News

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੀ ਕਮੇਟੀ ਦਾ ਕੀਤਾ ਗਠਨ, 19 ਮਈ ਨੂੰ ਹੋਵੇਗੀ ਮੀਟਿੰਗ  

ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਵੱਖ-ਵੱਖ ਪੰਥਕ ਆਗੂ ਮੈਂਬਰ ਲਏ ਗਏ ਹਨ।

Image

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੇ ਲੰਘੀ 11 ਮਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਇਕੱਠ ਸੱਦਿਆ ਗਿਆ ਸੀ, ਜਿਸ ਦੌਰਾਨ ਸਰਬਸੰਮਤੀ ਨਾਲ ਸਾਂਝੀ ਕਮੇਟੀ ਸਥਾਪਤ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ ਸਨ।

ਇਸ ਤਹਿਤ ਉਹਨਾਂ ਨੇ ਇਸ ਸਾਂਝੀ ਕਮੇਟੀ ਦਾ ਐਲਾਨ ਕੀਤਾ ਕਿ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਇਸ 9 ਮੈਂਬਰੀ ਕਮੇਟੀ ਵਿੱਚ ਉਹਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ,

ਨਿਹੰਗ ਸਿੰਘ ਜੱਥੇਬੰਦੀਆਂ ਵਿਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸਿੱਖ ਪ੍ਰਚਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਕੀਤੇ ਗਏ ਹਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਕੌਮੀ ਯਤਨਾਂ ਸਬੰਧੀ ਫਿਲਹਾਲ 9 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਯਤਨਸ਼ੀਲ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਦੇ ਸਹਿਯੋਗ ਨਾਲ ਕਾਰਜ ਕਰੇਗੀ। ਉਹਨਾਂ ਕਿਹਾ ਕਿ ਇਸ ਦੌਰਾਨ ਸਿੱਖ ਜੱਥੇਬੰਦੀਆਂ ਤੋਂ ਮਿਲੇ ਸੁਝਾਵਾਂ ਦਾ ਵੀ ਸਤਿਕਾਰ ਕੀਤਾ ਜਾਵੇਗਾ ਅਤੇ ਲੋੜ ਮੁਤਾਬਕ ਕਮੇਟੀ ਦਾ ਵਿਸਥਾਰ ਵੀ ਕੀਤਾ ਜਾ ਸਕਦਾ ਹੈ। ਕਮੇਟੀ ਦੀ ਪਹਿਲੀ ਇਕੱਤਰਤਾ 19 ਮਈ ਨੂੰ ਅੰਮ੍ਰਿਤਸਰ ਵਿਖੇ ਬੁਲਾਈ ਗਈ ਜੋ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਮੀਟਿੰਗ ਹਾਲ ਵਿੱਚ ਦੁਪਹਿਰ 12.00 ਵਜੇ ਹੋਵੇਗੀ।

Click to comment

Leave a Reply

Your email address will not be published.

Most Popular

To Top