ਸਾਬਕਾ ਡੀਜੀਪੀ ਸੈਣੀ ਦੀਆਂ ਵਧਦੀਆਂ ਮੁਸ਼ਕਲਾਂ, ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਲੱਗੇ ਇਲਜ਼ਾਮ

ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਮਗਰੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ ਕੋਟਕਪੂਰਾ ਗੋਲੀ ਕਾਂਡ ਵਿੱਚ ਵੀ ਚਲਾਨ ਪੇਸ਼ ਹੋ ਗਿਆ ਹੈ। ਅਦਾਲਤ ਨੇ ਇਸ ਕੇਸ ਦੀ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰਦਿਆਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਸੋਮਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ।
ਜਾਂਚ ਟੀਮ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਦਸ ਦਈਏ ਕਿ ਜਾਂਚ ਟੀਮ ਨੇ ਦੋ ਦਿਨ ਪਹਿਲਾਂ ਹੀ ਬਹਿਬਲ ਗੋਲੀ ਕਾਂਡ ਵਿੱਚ ਵੀ ਸਾਬਕਾ ਡੀਜੀਪੀ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ।
ਹਾਲਾਂਕਿ ‘ਸਿਟ’ ਡੀਜੀਪੀ ਸੈਣੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਪਰ ਚਲਾਨ ਪੇਸ਼ ਹੋਣ ਨਾਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਜ਼ਰੂਰ ਵੱਧ ਗਈਆਂ ਹਨ। ਹੁਕਮ ਮੁਤਾਬਕ ਸੈਣੀ ਦਾ ਅਦਾਲਤ ਵਿੱਚ ਪੇਸ਼ ਹੋਣਾ ਲਾਜ਼ਮੀ ਹੈ।
