ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਮੁੱਖ ਖ਼ਬਰਾਂ
ਮੁੱਖ ਖ਼ਬਰਾਂ

ਸਾਰੀਆਂ ਫ਼ਸਲਾਂ ਦੀ ਖਰੀਦ ਐਮਐਸਪੀ ’ਤੇ ਕੀਤੀ ਜਾਵੇ: ਅਰਵਿੰਦ ਕੇਜਰੀਵਾਲ

ਪੰਜਾਬੀ ਲੋਕ · 06 November 2020
ਮੂਲ ਤਸਵੀਰ ਉਪਲਬਧ ਨਹੀਂ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਪੂਰੀ ਹੱਲ-ਚੱਲ ਮਚੀ ਹੋਈ ਹੈ। ਉਥੇ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਨਿਵਾਸ ਤੇ ਮੁਲਾਕਾਤ ਕਰ ਕੇ ਖੇਤੀ ਕਾਨੂੰਨਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਬੈਠਕ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਵਿਧਾਇਕ ਅਮਨ ਅਰੋੜਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਮੌਜੂਦ ਸਨ।

ਪਾਰਟੀ ਹੈੱਡਕੁਆਰਟਰ ਤੋਂ ਜਾਰੀ ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਨੇ ‘ਆਪ’ ਪੰਜਾਬ ਦੀ ਸਾਰੀ ਲੀਡਰਸ਼ਿਪ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਦਾ ਡਟ ਕੇ ਸਾਥ ਦੇਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਗੱਲ ਦਾ ਕੋਈ ਫ਼ਰਕ ਨਹੀਂ ਪੈਂਦਾ ਕਿ ਐਮਐਸਪੀ ਕੌਣ ਦੇਵੇਗਾ? ਕਿਸਾਨਾਂ ਨੂੰ ਐਮਐਸਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਜ਼ਰੂਰੀ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਐਮਐਸਪੀ ‘ਤੇ ਕਾਨੂੰਨੀ ਗਰੰਟੀ ਨਹੀਂ ਦਿੰਦੇ ਤਾਂ ਇਹ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦੇਣੀ ਚਾਹੀਦੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਲਈ ਆਖ਼ਰੀ ਦਮ ਤੱਕ ਲੜਾਈ ਲੜੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੀ ਐਮਐਸਪੀ ‘ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦਿਵਾ ਕੇ ਦਮ ਲਵੇਗੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ‘ਆਪ’ ਲੀਡਰਸ਼ਿਪ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦਿਵਾਉਣ ਲਈ ਪੂਰੇ ਪੰਜਾਬ ‘ਚ ਮੁਹਿੰਮ ਚਲਾਉਣ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ