ਸਿਸਵਾਂ ਹਾਊਸ ਘੇਰਨ ਜਾ ਰਹੇ ‘ਆਪ’ ਆਗੂਆਂ ‘ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਆਮ ਆਦਮੀ ਪਾਰਟੀ ਵਲੋਂ ਬਿਜਲੀ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਮੁਹਾਲੀ ‘ਚ ਭਗਵੰਤ ਮਾਨ ਦੀ ਅਗਵਾਈ ‘ਚ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ਨੂੰ ਰੋਕਣ ਲਈ ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਸੀ, ਜਿਸ ਨੂੰ ਆਪ ਵਰਕਰਾਂ ਵਲੋਂ ਤੋੜ ਦਿੱਤਾ ਗਿਆ ਤਾਂ ਜੋ ਕੈਪਟਨ ਦੇ ਸਿਸਵਾਂ ਘਰ ਦਾ ਘਿਰਾਓ ਕੀਤਾ ਜਾ ਸਕੇ। ਪੁਲਿਸ ਅਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਵੀ ਕੀਤੀ ਗਈ।

ਇਸ ਦੇ ਨਾਲ ਹੀ ਪਾਣੀ ਦੀਆਂ ਬੁਛਾੜਾਂ ਵੀ ਪ੍ਰਦਰਸ਼ਨ ਕਰ ਰਹੇ ‘ਆਪ ਵਰਕਰਾਂ ‘ਤੇ ਛੱਡੀਆਂ ਜਾ ਰਹੀਆ ਹਨ। ਦੱਸ ਦਈਏ ਕਿ ਬਿਜਲੀ ਮੁੱਦੇ ‘ਤੇ ਅੱਜ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਕੈਪਟਨ ਦੇ ਸਿਸਵਾਂ ਫ਼ਾਰਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਸਭ ਦੇ ਵਿਚਾਲੇ ‘ਆਪ’ ਲੀਡਰਸ਼ਿਪ ਅਤੇ ਵਲੰਟੀਅਰਾਂ ‘ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਾ ਰਹੀਆ ਹਨ।
ਇਸ ਮੌਕੇ ਸੀਨੀਅਰ ਆਪ ਆਗੂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਉਹ ਕੈਪਟਨ ਨੂੰ ਉਨ੍ਹਾਂ ਦਾ ਵਾਅਦਾ ਯਾਦ ਕਰਵਾਉਣ ਲਈ ਆਏ ਹਨ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਪ੍ਰਾਈਵੇਟ ਕੰਪਨੀਆਂ ਨਾਲ ਮਹਿੰਗੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਾਉਣ ਦੇ ਚੱਲਦਿਆਂ ਅੱਜ ਉਨ੍ਹਾਂ ਵੱਲੋਂ ਸਿਸਵਾ ਹਾਊਸ ਨੂੰ ਘੇਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ।
