ਸਿੱਧੂ ਨੇ ਚੁੱਕਿਆ ਨਸ਼ਿਆਂ ਦਾ ਮੁੱਦਾ, ਕਿਹਾ ਲੋਕਾਂ ਨੂੰ ਮੁੱਖ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਉਮੀਦ ਹੈ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਆਪਣੀ ਹੀ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਆ ਰਹੇ ਹਨ। ਨਵਜੋਤ ਸਿੱਧੂ ਵੱਲੋਂ ਪਹਿਲਾਂ ਬਿਜਲੀ ਮੁੱਦੇ ਤੇ ਅਤੇ ਹੁਣ ਨਸ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਨਵਜੋਤ ਸਿੱਧੂ ਨੇ ਪੰਜਾਬ ਦੇ ਨੌਜਵਾਨਾਂ ਤੇ ਡਰੱਗ ਮਾਫ਼ੀਆ ਰਾਹੀਂ ਫੈਲਾਏ ਨਸ਼ਿਆਂ ਦੇ ਜਾਲ ਵਿੱਚ ਆਪਣੇ ਬੱਚਿਆਂ ਨੂੰ ਗੁਆਉਣ ਵੇ ਹਜ਼ਾਰਾਂ ਦੁਖੀ ਮਾਪਿਆਂ ਦੇ ਦੁੱਖ ਸਾਂਝੇ ਕੀਤੇ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਾਲੇ ਬਿਕਰਮ ਮਜੀਠੀਆ ਤੇ ਵਿਸ਼ੇਸ਼ ਟਾਸਕ ਫੋਰਸ ਦੀ ਰਿਪੋਰਟ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਸਿੱਧੂ ਨੇ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਸੂਬਾ ਸਰਕਾਰ ਨੇ ਨਸ਼ਿਆਂ ਵਿਰੁਧ ਚੱਲ ਰਹੀ ਲੜਾਈ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ। ਨਵਜੋਤ ਸਿੱਧੂ ਵੱਲੋਂ ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕੀਤਾ ਗਿਆ।
ਕਾਂਗਰਸ ਦੇ ਸੂਬਾ ਪ੍ਰਧਾਨ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਸੈਂਕੜੇ ਬੱਚਿਆਂ ਦੀ ਜਾਨ ਚਲੀ ਗਈ ਹੈ। ਪੰਜਾਬ ਦੇ ਲੋਕਾਂ ਦੀ ਵਿਸ਼ੇਸ਼ ਟਾਸਕ ਫੋਰਸ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਵਿੱਚ 6000 ਕਰੋੜ ਰੁਪਏ ਦੇ ਨਸ਼ਿਆਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਜਾਣਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਵੱਲੋਂ ਡਰੱਗ ਮਾਫੀਆ ਨੂੰ ਭਾਰਤ ਵਾਪਸ ਲਿਆਉਣ ਤੇ ਉਹਨਾਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਉਣ ਲਈ ਕੁਝ ਨਹੀਂ ਕੀਤਾ ਗਿਆ।
ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਸ਼ਰਨ ਹੇਠ ਡਰੱਗ ਮਾਫੀਆ ਨੇ ਪੰਜਾਬ ਵਿੱਚ ਆਪਣਾ ਕੰਮ ਅੱਗੇ ਵਧਾਇਆ। ਦੱਸ ਦੇਈਏ ਕਿ ਪੰਜਾਬ ਵਿੱਚ ਨਸ਼ਿਆਂ ਨਾਲ ਜੁੜਿਆ ਮੁੱਦਾ ਲੰਮੇ ਸਮੇਂ ਤੋਂ ਸੁਰਖੀਆਂ ਵਿੱਚ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਿਆਂ ਨੇ ਕਈ ਪਰਿਵਾਰਾਂ ਨੂੰ ਬਰਬਾਦ ਕਰ ਦਿੱਤਾ ਹੈ। ਹੁਣ ਜਦੋਂ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਾਂ ਇੱਕ ਵਾਰ ਫਿਰ ਇਹ ਮੁੱਦਾ ਜ਼ੋਰ-ਸ਼ੋਰ ਨਾਲ ਉੱਠ ਰਿਹਾ ਹੈ।
