News

ਸੀਐਮ ਚੰਨੀ ਦਾ ਫ਼ੈਸਲਾ, 18 ਨਵੰਬਰ ਨੂੰ ਖੁੱਲ੍ਹ ਸਕਦੀ ਨਸ਼ਿਆਂ ਸਬੰਧੀ ਰਿਪੋਰਟ, ਹੋਵੇਗਾ ਵੱਡਾ ਧਮਾਕਾ

ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਆਖਰੀ ਵਰ੍ਹੇ ਲੋਕਾਂ ਨੂੰ ਲੁਭਾਉਣ ਲਈ ਵੱਡੇ ਫ਼ੈਸਲੇ ਲੈ ਰਹੀ ਹੈ ਤੇ ਦੂਜੇ ਪਾਸੇ ਵਿਰੋਧੀ ਲੀਡਰਾਂ ਨੂੰ ਠਿੱਬੀ ਲਾਉਣ ਲਈ ਅਹਿਮ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪਿਛਲੇ ਲੰਮੇ ਸਮੇਂ ਤੋਂ ਲਿਫਾਫੇ ਵਿੱਚ ਬੰਦ ਪਈ ਐਸਟੀਐਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ ਤੇ ਸਰਕਾਰ ਵੱਲੋਂ ਇਸ ਸਬੰਧੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਚਰਚਾ ਹੈ ਕਿ ਐਸਟੀਐਫ ਦੀ ਨਸ਼ਿਆਂ ਸਬੰਧੀ ਰਿਪੋਰਟ ਵਿੱਚ ਕਈ ਵਿਰੋਧੀ ਲੀਡਰਾਂ ਦਾ ਨਾਂ ਹੈ ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ, “ਬੇਅਦਬੀ ਦੇ ਮੁਲਜ਼ਮਾਂ ਨੂੰ ਵੀ ਛੇਤੀ ਹੀ ਸਜ਼ਾ ਮਿਲੇਗੀ, ਕਿਉਂ ਕਿ ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ।

ਜਿਹੜੇ ਮੁਲਜ਼ਮਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਬਚ ਨਹੀਂ ਸਕਣਗੇ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣ ਵਾਲੇ ਦੋਸ਼ੀ ਵੀ ਕਿਸੇ ਵੀ ਹਾਲਤ ਵਿੱਚ ਨਹੀਂ ਬਚਣਗੇ। ਰਿਪੋਰਟ ਖੁੱਲ੍ਹਣ ਨਾਲ ਕਈ ਨਸ਼ੇ ਦੇ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ।”

ਕਾਂਗਰਸ ਦੇ ਅੰਦਰੋਂ ਹੀ ਇਲਜ਼ਾਮ ਲਗਦੇ ਰਹੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੇਲੇ ਜਾਣਬੁੱਝ ਕੇ ਇਸ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਗਿਆ। ਉੱਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੇ ਹਨ।

ਇਸ ਲਈ ਪੰਜਾਬ ਸਰਕਾਰ ਤੇ ਇਹ ਰਿਪੋਰਟ ਜਨਤਕ ਕਰਨ ਦਾ ਦਬਾਅ ਬਣ ਗਿਆ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਚੰਨੀ ਨੇ ਸੰਕੇਤ ਦਿੱਤੇ ਹਨ ਕਿ ਐਸਟੀਐਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ।

Click to comment

Leave a Reply

Your email address will not be published.

Most Popular

To Top