ਸੀਐਮ ਮਾਨ ਨੇ ਇਨ੍ਹਾਂ ਮੈਡੀਕਲ ਕਾਲਜਾਂ ਵਾਲੀਆਂ ਥਾਵਾਂ ਦਾ ਕੀਤਾ ਨਿਰੀਖਣ, ਦਿੱਤਾ ਇਹ ਵੱਡਾ ਬਿਆਨ

 ਸੀਐਮ ਮਾਨ ਨੇ ਇਨ੍ਹਾਂ ਮੈਡੀਕਲ ਕਾਲਜਾਂ ਵਾਲੀਆਂ ਥਾਵਾਂ ਦਾ ਕੀਤਾ ਨਿਰੀਖਣ, ਦਿੱਤਾ ਇਹ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕਈ ‘ਮੈਡੀਕਲ ਸਿੱਖਿਆ’ ਕਾਲਜਾਂ ਦਾ ਦੌਰਾ ਕੀਤਾ। ਕਪੂਰਥਲਾ ‘ਚ ਬਣਨ ਵਾਲੇ ਮੈਡੀਕਲ ਕਾਲਜ ਦੀ ਥਾਂ ਦਾ ਨਿਰੀਖਣ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਨਾਂ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਕਾਲਜ ਦੀ ਜਗ੍ਹਾ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਤੇ ਇਸ ਵੱਕਾਰੀ ਪ੍ਰੋਜੈਕਟ ‘ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ।

Image

ਮਾਨ ਨੇ ਦੱਸਿਆ ਕਿ ਮੈਡੀਕਲ ਕਾਲਜ 20 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਉੱਤੇ ਕੁਲ 428.69 ਕਰੋੜ ਰੁਪਏ ਦੀ ਲਾਗਤ ਆਵੇਗੀ। ਸੀਐਮ ਨੇ ਕਿਹਾ ਕਿ ਨਵਾਂ ਮੈਡੀਕਲ ਕਾਲਜ ਇਲਾਜ ਅਤੇ ਜਾਂਚ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਕਾਲਜ ਵਿੱਚ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ‘ਚ ਵਿਦਿਆਰਥੀ ਆਉਣਗੇ, ਇਸ ਲਈ 300 ਬਿਸਤਰਿਆਂ ਵਾਲੇ ਅਤਿ-ਆਧੁਨਿਕ ਸਿਵਲ ਹਸਪਤਾਲ ਤੋਂ ਇਲਾਵਾ ਕਾਲਜ ਦੇ ਨਾਲ 10-12 ਮੰਜ਼ਿਲਾਂ ਵਾਲੇ ਅਤਿ-ਆਧੁਨਿਕ ਹੋਸਟਲ ਦੀ ਵੀ ਉਸਾਰੀ ਕੀਤੀ ਜਾਵੇਗੀ।

Image

ਇਹ ਕਾਲਜ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ 5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਸਥਾਪਤ ਹੋਵੇ।

ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਉਨ੍ਹਾਂ ਵੱਲੋਂ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 2 ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕ੍ਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ‘ਤੇ ਧਿਆਨ ਦੇ ਰਹੀ ਹੈ। ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਖੋਲ੍ਹੇ ਜਾਣਗੇ। ਬਾਅਦ ਵਿੱਚ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਵੀ ਨਿਰੀਖਣ ਕੀਤਾ।

ਉਨ੍ਹਾਂ ਕਿਹਾ ਕਿ ਇਹ ਮੈਡੀਕਲ ਕਾਲਜ ਲਗਭਗ 23 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਦੀ ਕੁਲ ਲਾਗਤ 418.3 ਕਰੋੜ ਰੁਪਏ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *