ਸ੍ਰੀ ਅਕਾਲ ਤਖ਼ਤ ਤੋਂ ਮੁਤਵਾਜ਼ੀ ਜੱਥੇਦਾਰ ਵੱਲੋਂ ਕੈਪਟਨ ਤਨਖ਼ਾਹੀਆ ਕਰਾਰ

ਕੈਪਟਨ ਦੀਆਂ ਪੰਜਾਬ ਵਿੱਚ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਬਰਗਾੜੀ ਮੋਰਚੇ ਨੂੰ ਧੋਖੇ ਨਾਲ ਖ਼ਤਮ ਕਰਾਉਣ ਦੇ ਇਲਜ਼ਾਮ ਤਹਿਤ ਮੁਤਵਾਜ਼ੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਕੈਪਟਨ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਜੱਥੇਦਾਰ ਨੇ ਇਸ ਸਬੰਧੀ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰੋਂ ਜਾਰੀ ਕੀਤਾ ਗਿਆ ਹੈ।

ਪੰਜ ਸਿੰਘਾਂ ਦੇ ਨਾਲ ਇਹ ਹੁਕਮਨਾਮਾ ਜਾਰੀ ਕਰਦਿਆਂ ਉਹਨਾਂ ਸਿੱਖ ਸੰਗਤ ਨੂੰ ਕਿਹਾ ਕਿ ਜਦੋਂ ਤੱਕ ਕੈਪਟਨ ਨਿੱਜੀ ਤੌਰ ਤੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਨਹੀਂ ਦਿੰਦੇ ਤੇ ਤਨਖ਼ਾਹ ਨਹੀਂ ਲਵਾ ਲੈਂਦੇ ਉੰਨੀ ਦੇਰ ਤੱਕ ਉਹਨਾਂ ਨੂੰ ਸਹਿਯੋਗ ਨਾ ਦਿੱਤਾ ਜਾਵੇ। ਉਸ ਨੂੰ ਕਿਸੇ ਵੀ ਗੁਰਦੁਆਰੇ ਜਾਂ ਸੰਗਤੀ ਇਕੱਠ ਵਿੱਚ ਬੋਲਣ ਨਾ ਦਿੱਤਾ ਜਾਵੇ ਤੇ ਨਾ ਹੀ ਕਿਸੇ ਕਿਸਮ ਦਾ ਸਹਿਯੋਗ ਅਤੇ ਕੋਈ ਮਾਣ-ਸਨਮਾਨ ਦਿੱਤਾ ਜਾਵੇ।
ਜੱਥੇਦਾਰ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਇਨਸਾਫ਼ ਲੈਣ ਲਈ ਬਰਗਾੜੀ ਵਿਖੇ ਲਾਏ ਗਏ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਚੁਕਵਾਇਆ ਗਿਆ ਸੀ। ਪੰਜ ਸਿੰਘਾਂ ਨਾਲ ਵਿਚਾਰ ਵਟਾਂਦਰੇ ਮਗਰੋਂ ਉਹ ਇਸ ਸਿੱਟੇ ਤੇ ਪੁੱਜੇ ਹਨ ਕਿ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਸੇ ਸਾਜ਼ਿਸ਼ ਤਹਿਤ ਇਸ ਮੋਰਚੇ ਨੂੰ ਖ਼ਤਮ ਕਰਵਾਇਆ ਸੀ।
ਇਸ ਬਾਰੇ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਕੋਲੋਂ, ਜੋ ਉਸ ਵੇਲੇ ਸਰਕਾਰ ਦੇ ਏਲਚੀ ਬਣ ਕੇ ਆਏ ਸਨ, ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ।
ਉਨ੍ਹਾਂ ਆਪਣਾ ਸਪਸ਼ਟੀਕਰਨ ਦੇ ਕੇ ਇਸ ਸਬੰਧੀ ਸਾਰੇ ਮਾਮਲੇ ਵਿੱਚ ਕੈਪਟਨ ਨੂੰ ਜ਼ਿੰਮੇਵਾਰ ਦੱਸਿਆ ਸੀ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਨੂੰ ਤਿੰਨ ਚਾਰ ਵਾਰ ਸਪੱਸ਼ਟੀਕਰਨ ਲਈ ਸੱਦਿਆ ਸੀ ਪਰ ਉਹ ਇੱਕ ਵਾਰ ਵੀ ਪੇਸ਼ ਨਹੀਂ ਹੋਏ ਸਗੋਂ ਇੱਕ ਚਿੱਠੀ ਭੇਜ ਕੇ ਤੱਥਾਂ ਨੂੰ ਹੋਰ ਰੂਪ ਦੇ ਕੇ ਅਕਾਲ ਤਖ਼ਤ ਤੇ ਪੰਥ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ। ਉਹਨਾਂ ਨੂੰ ਅੱਜ ਵੀ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਅੱਜ ਵੀ ਗੈਰਹਾਜ਼ਰ ਰਹੇ।
