ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਪਹਿਲਾ ਪ੍ਰਕਾਸ਼ ਪੁਰਬ, ਕੱਢਿਆ ਜਾਵੇਗਾ ਨਗਰ ਕੀਰਤਨ

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਪਹਿਲਾ ਪ੍ਰਕਾਸ਼ ਪੁਰਬ, ਕੱਢਿਆ ਜਾਵੇਗਾ ਨਗਰ ਕੀਰਤਨ

ਸ੍ਰੀ ਹਰਿਮੰਦਰ ਸਾਹਿਬ ਚ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਅੱਜ ਦੇ ਦਿਨ 1604 ਈ. ਨੂੰ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਅੱਜ ਸ੍ਰੀ ਦਰਬਾਰ ਸਾਹਿਬ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਵੀ 28 ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸਜੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸ਼ੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ।

ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਦੇਸ਼ ਵਿਦੇਸ਼ ਤੋਂ ਲਿਆਂਦੇ ਰੰਗ-ਬਿਰੰਗੇ ਫੁੱਲਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਦਰਬਾਰ ਸਾਹਿਬ ਨੂੰ ਸਜਾਇਆ ਗਿਆ ਹੈ। ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ‘ਤੇ 300 ਦੇ ਕਰੀਬ ਕਾਰੀਗਰਾਂ ਨੇ ਸਜਾਵਟ ਦੀ ਸੇਵਾ ਕੀਤੀ।

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ। 1604 ਵਿੱਚ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਸੀ। ਪਹਿਲੇ ਪ੍ਰਕਾਸ਼ ਮੌਕੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਜਾਪ ਸ਼ੁਰੂ ਕੀਤਾ ਸੀ।

ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਸਿੱਖ ਧਰਮ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਬਣੇ। ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਹਰ ਸਾਲ ਭਾਦੋਂ ਮਹੀਨੇ ਦੀ 15 ਤਾਰੀਖ ਨੂੰ ਭਾਵ ਭਾਦਰਪਦ ਅਮਾਵਸਿਆ ਨੂੰ ਮਨਾਇਆ ਜਾਂਦਾ ਹੈ।

ਸੰਪੂਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੱਚ ਦਾ ਪ੍ਰਕਾਸ਼ ਹੈ ਤੇ ਇਕੋ ਇਕ ਅਕਾਲ ਪੁਰਖ ਦਾ ਨਾਮ ਸਿਮਰਨ ਕਰਨ ਤੇ ਉਸਨੂੰ ਯਾਦ ਰੱਖਣ ਦਾ ਆਦੇਸ਼ ਹੈ। ਇਸ ਨਾਮ ‘ਤੇ ਕਿਵੇਂ ਚੱਲਣਾ ਹੈ ਤੇ ਨਾਮ ਨੂੰ ਮਨ ‘ਚ ਕਿਸ ਤਰ੍ਹਾਂ ਵਸਾਉਣਾ ਹੈ, ਇਸ ਬਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਖੁੱਲ੍ਹ ਕੇ ਦੱਸਿਆ ਗਿਆ ਹੈ।

 

Leave a Reply

Your email address will not be published.