ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ‘ਚ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 28 ਦਸੰਬਰ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਦੇ ਸਬੰਧ ‘ਚ 28 ਦਸੰਬਰ ਨੂੰ ਗਜ਼ਟਿਡ ਛੁੱਟੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਸਿੱਖਿਅਕ ਸੰਸਥਾਨ ਬੰਦ ਰਹਿਣਗੇ।
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ-25 ਦੇ ਤਹਿਤ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਸ਼ਹੀਦੀ ਸਭਾ ਦੀ ਸ਼ੁਰੂਆਤ ਸੋਮਵਾਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਆਰੰਭ ਕਰਕੇ ਕੀਤੀ ਗਈ ਜਿਸ ਦੇ ਭੋਗ ਕੱਲ੍ਹ ਬੁੱਧਵਾਰ ਨੂੰ ਪਾਏ ਜਾਣਗੇ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਆਖੰਡ ਪਾਠ ਸਾਹਿਬ ਦੀ ਆਰੰਭਤਾ ਦਾ ਸਮਾਂ ਸਵੇਰੇ 9 ਵਜੇ ਦੀ ਥਾਂ 7 ਵਜੇ ਕੀਤਾ ਗਿਆ ਜਿਸ ਕਾਰਨ 28 ਦਸੰਬਰ ਨੂੰ ਭੋਗ ਦਾ ਸਮਾਂ ਹੁਣ ਸਵੇਰੇ 6 ਵਜੇ ਹੋਵੇਗਾ। ਹਾਸਲ ਜਾਣਕਾਰੀ ਅਨੁਸਾਰ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਤੇ ਦਿਵਿਆਂਗਜਨਾਂ ਨੂੰ ਆਵਾਜਾਈ ਦੀ ਮੁਫ਼ਤ ਸਹੂਲਤ ਦੇਣ ਲਈ ਈ-ਰਿਕਸ਼ਾ ਸੇਵਾ ਚਾਲੂ ਕੀਤੀ ਗਈ ਹੈ।