ਹਰਸਿਮਰਤ ਬਾਦਲ ਨੇ ਲੋਕ ਸਭਾ ‘ਚ ਬੰਦੀ ਸਿੰਘਾਂ ਤੇ ਕਿਸਾਨਾਂ ਦਾ ਚੁੱਕਿਆ ਮੁੱਦਾ, ਪੰਜਾਬ ਸਰਕਾਰ ਬਾਰੇ ਵੀ ਕਹੀ ਵੱਡੀ ਗੱਲ

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿੱਚ ਕਿਸਾਨਾਂ ਦੇ ਨਾਲ-ਨਾਲ ਹੋਰ ਵੀ ਕਈ ਮੁੱਦੇ ਚੁੱਕੇ ਹਨ। ਸੰਸਦ ਵਿੱਚ ਸਿਫ਼ਰ ਕਾਲ ਦੌਰਾਨ ਹਰਸਿਮਰਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਵਾਦਪੂਰਨ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਚਿੱਠੀ ਲਿਖ ਕੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ।
ਕਿਸਾਨਾਂ ਨਾਲ ਇਸ ਵਾਅਦੇ ਮਗਰੋਂ ਇਹ ਅੰਦੋਲਨ ਖ਼ਤਮ ਕਰ ਦਿੱਤਾ ਗਿਆ ਸੀ। ਬਾਦਲ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ ਦਸੰਬਰ ਵਿੱਚ ਸਰਕਾਰ ਵੱਲੋਂ ਚਿੱਠੀ ਵਿੱਚ ਦਿੱਤਾ ਗਿਆ ਇੱਕ ਵੀ ਭਰੋਸਾ ਪੂਰਾ ਨਹੀਂ ਕੀਤਾ ਗਿਆ ਅਤੇ ਕਿਸਾਨ ਫਿਰ ਦਿੱਲੀ ਦੇ ਬਾਰਡਰਾਂ ਤੇ ਆ ਕੇ ਧਰਨਾ ਦੇਣ ਲਈ ਮਜ਼ਬੂਰ ਹਨ। ਇਸ ਲਈ ਕੇਂਦਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।
ਬੀਬਾ ਬਾਦਲ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਸਲਾਹ ਕੀਤੇ ਬਿਨਾਂ ਬਿਜਲੀ ਸੋਧ ਬਿੱਲ 2022 ਸਦਨ ਵਿੱਚ ਪੇਸ਼ ਕੀਤਾ, ਜਿਸ ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਅੰਦੋਲਨ ਦੌਰਾਨ ਜਿਹਨਾਂ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ, 850 ਕਿਸਾਨ ਸ਼ਹੀਦ ਹੋ ਗਏ ਸਨ, ਉਹਨਾਂ ਲਈ ਮੁਆਵਜ਼ਾ ਮੰਗਿਆ ਗਿਆ ਸੀ।
ਅੰਦੋਲਨ ਦੌਰਾਨ ਜਿਹਨਾਂ ਖਿਲਾਫ਼ ਕੇਸ ਕੀਤੇ ਗਏ ਸਨ, ਕੇਸ ਵਾਪਸੀ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ। ਪ੍ਰਧਾਨ ਮੰਤਰੀ ਨੇ ਲਿਖਤੀ ਤੌਰ ਤੇ ਕਿਹਾ ਸੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇਗਾ ਪਰ ਅਜੇ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਹਰ ਸ਼ਖ਼ਸ ਡਰਿਆ ਹੋਇਆ ਹੈ। ਰਾਕੇਟ ਲਾਂਚਰ ਦਾ ਹਮਲਾ ਹੋਇਆ, ਸਰਕਾਰ ਸੁੱਤੀ ਹੋਈ ਹੈ। ਪੰਜਾਬ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਹਰ ਫਰੰਟ ’ਤੇ ਸਰਕਾਰ ਫੇਲ੍ਹ ਹੈ। ਪਿਛਲੇ ਸਾਲ ਭਰ ਵਿੱਚ ਬਦਲਾਅ ਦੀ ਗੱਲ ਕੀਤੀ ਗਈ ਸੀ ਪਰ ਅੱਜ ਵੀ ਡਰ ਦਾ ਮਾਹੌਲ ਹੈ।