ਹਿਮਾਚਲ ਨੇ ਸੈਲਾਨੀਆਂ ਲਈ ਰੱਖੀ ਇਹ ਸ਼ਰਤ

 ਹਿਮਾਚਲ ਨੇ ਸੈਲਾਨੀਆਂ ਲਈ ਰੱਖੀ ਇਹ ਸ਼ਰਤ

ਕੋਰੋਨਾ ਦੇ ਕਹਿਰ ਕਾਰਨ ਦੇਸ਼ ਦੇ ਬਹੁਤੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਉੱਥੇ ਹੀ ਹਿਮਾਚਲ ਸਰਕਾਰ ਨੇ ਵੀ ਪੰਜਾਬ, ਦਿੱਲੀ, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਲਈ 16 ਅਪ੍ਰੈਲ ਤੋਂ ਹਿਮਾਚਲ ਪ੍ਰਦੇਸ਼ ਆਉਣ ਤੇ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਿਆਉਣਾ ਲਾਜ਼ਮੀ ਕਰ ਦਿੱਤਾ ਹੈ। ਇਹ ਰਿਪੋਰਟ 72 ਘੰਟੇ ਪਹਿਲਾਂ ਦੀ ਹੋਣੀ ਚਾਹੀਦੀ ਹੈ।

ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਹੋਈ ਬੈਠਕ ਦੀ ਅਗਵਾਈ ਕਰਦਿਆਂ ਇਹ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਕੋਵਿਡ-19 ’ਤੇ ਕੰਟਰੋਲ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ ਤੇ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਉੱਥੇ ਹੀ ਹਿਮਾਚਲ ਪ੍ਰਦੇਸ਼ ਵਿੱਚ ਪਹਿਲਾਂ ਹੀ 21 ਅਪ੍ਰੈਲ ਤਕ ਸਾਰੀਆਂ ਵਿੱਦਿਅਕ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਵਿਆਹ ਵਿੱਚ 50 ਤੋਂ ਵੱਧ ਲੋਕਾਂ ਦੇ ਆਉਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਸਸਕਾਰ ਵਿੱਚ ਵੀ ਸਿਰਫ਼ 50 ਲੋਕ ਹੀ ਸ਼ਾਮਲ ਹੋ ਸਕਣਗੇ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਸੂਬੇ ਦੀਆਂ ਸਰਹੱਦਾਂ ’ਤੇ ਕੋਰੋਨਾ ਵਾਇਰਸ ਜਾਂਚ ਦੀ ਰਿਪੋਰਟ ਲਈ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਹੋਟਲਾਂ ਵਿੱਚ ਸਖ਼ਤ ਨਿਗਰਾਨੀ ਲਈ ਵਿਵਸਥਾ ਕੀਤੀ ਜਾਵੇਗੀ ਕਿਉਂ ਕਿ ਉੱਥੇ ਲੋਕ ਜ਼ਿਆਦਾ ਠਹਿਰਦੇ ਹਨ।  

Leave a Reply

Your email address will not be published.