19 ਜਨਵਰੀ ਨੂੰ ਨਹੀਂ ਹੋਵੇਗੀ ਕਿਸਾਨਾਂ ਤੇ ਸਰਕਾਰ ਵਿਚਾਲੇ ਬੈਠਕ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੌਰਾਨ ਸਰਕਾਰ ਤੇ ਕੇਂਦਰ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ। ਹੁਣ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਜੋ 20 ਜਨਵਰੀ ਨੂੰ ਹੋਵੇਗੀ।

ਸੰਘਰਸ਼ ਦੇ ਤਹਿਤ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਹੁਣ ਇਹ ਬੈਠਕ 20 ਜਨਵਰੀ, 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਕਿਸਾਨ ਲਹਿਰ ਦਿਨੋ ਦਿਨ ਤੇਜ਼ ਹੁੰਦੀ ਜਾ ਰਹੀ ਹੈ। ਸਰਕਾਰ ਨਾਲ ਹੁਣ ਤੱਕ 9 ਮੀਟਿੰਗਾਂ ਹੋਈਆਂ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। 15 ਜਨਵਰੀ ਦੀ ਗੱਲਬਾਤ ਵੀ ਬੇਸਿੱਟਾ ਰਹੀ, 19 ਜਨਵਰੀ ਵਾਲੀ ਬੈਠਕ ਵੀ ਰੱਦ ਹੋ ਗਈ ਹੈ। ਦੂਜੇ ਪਾਸੇ ਕਿਸਾਨ ਵੀ ਇਹ ਸਭ ਜਾਣਦੇ ਹਨ।
ਉਹ ਬੇਸ਼ੱਕ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਅੜੇ ਹੋਏ ਹਨ ਪਰ ਉਹ ਆਪਣੀ ਲਹਿਰ ਨੂੰ ਹਾੜ੍ਹੀ ਦੀ ਫਸਲ ਦੀ ਕਟਾਈ ਤੱਕ ਨਹੀਂ ਖਿੱਚਣਾ ਚਾਹੁੰਦੇ। ਉਨ੍ਹਾਂ ਦੀ ਕੋਸ਼ਿਸ਼ ਅੰਦੋਲਨ ਨੂੰ ਤੇਜ਼ ਕਰਨ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਮਨਵਾਉਣ ਦੀ ਹੈ।
ਇਸ ਲਈ ਕਿਸਾਨ ਸੰਗਠਨਾਂ ਦੇ ਪ੍ਰਮੁੱਖ ਆਗੂ ਹੁਣ ਨਵੀਂ ਕੂਟਨੀਤੀ ਨਾਲ ਅੱਗੇ ਵਧਣ ਦੀ ਤਿਆਰੀ ਕਰ ਰਹੇ ਹਨ। ਕਿਸਾਨ ਲੀਡਰ ਨੇ ਕਿਹਾ ਕਿ ਹਾੜ੍ਹੀ ਦੀ ਫ਼ਸਲ ਦੀ ਕਟਾਈ ਦਾ ਸਮਾਂ ਆ ਰਿਹਾ ਹੈ। ਇਸ ਕਰਕੇ ਸਰਕਾਰ ਇਸ ਅੰਦੋਲਨ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ।
