2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਗਲੀ ਰਣਨੀਤੀ ਨੂੰ ਲੈ ਕੇ ਕਾਂਗਰਸ ’ਚ ਹਲਚਲ ਸ਼ੁਰੂ

ਪੰਜਾਬ ਵਿੱਚ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਹੀ ਕਾਂਗਰਸ ਪਿਛਲੀ ਵਾਰ ਵਾਂਗ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਤੋਂ ਮਦਦ ਲੈ ਸਕਦੀ ਹੈ। ਫਿਲਹਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਕੇਤ ਦਿੱਤਾ ਸੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਤੋਂ ਮਦਦ ਲਈ ਜਾ ਸਕਦੀ ਹੈ।

ਜਿਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਸਾਲ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ 117 ਵਿੱਚੋਂ 77 ਸੀਟਾਂ ਜਿੱਤੀਆਂ ਸੀ। ਜਿਸ ਦਾ ਸਿਹਰਾ ਕਾਂਗਰਸ ਨੇ ਆਈਪੀਏਸੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ ਦਿੱਤਾ ਸੀ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤੰਬਰ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਉਹਨਾਂ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ। ਇਸ ਨਾਲ ਉਹ ਪੰਜਾਬ ਵਿੱਚ ਕਾਂਗਰਸ ਨੂੰ ਹਰਾਉਣ ਲਈ ਵੱਡੀਆਂ ਵਿਰੋਧੀ ਪਾਰਟੀਆਂ ਨਾਲ ਹੱਥ ਮਿਲਾਉਣ ਲਈ ਤਿਆਰ ਹਨ। ਇਸ ਸਾਲ ਮਾਰਚ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਨੇ ਐਲਾਨ ਕੀਤਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਉਹਨਾਂ ਦੇ ਪ੍ਰਮੁੱਖ ਸਲਾਹਕਾਰ ਵਜੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
