26 ਮਾਰਚ ਨੂੰ ਭਾਰਤ ਬੰਦ ਸੱਦੇ ’ਤੇ ‘ਸਾਂਝਾ ਅਧਿਆਪਕ ਮੋਰਚਾ’ ਵੀ ਕਰੇਗਾ ਹਮਾਇਤ

26 ਮਾਰਚ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬਾਬਤ ਹੋਰ ਵੀ ਕਈ ਜੱਥੇਬੰਦੀਆਂ ਕਿਸਾਨਾਂ ਦੇ ਇਸ ਸੱਦੇ ਦਾ ਸਾਥ ਦੇਣ ਲਈ ਮੈਦਾਨ ਵਿੱਚ ਉੱਤਰੀਆਂ ਹਨ। ਉੱਥੇ ਹੀ ਸਾਂਝਾ ਅਧਿਆਪਕ ਮੋਰਚਾ ਨੇ ਵੀ ਸੂਬਾ ਕਨਵੀਨਰ ਵਿਕਰਮ ਦੇਵ ਸਿੰਘ ਦੀ ਪ੍ਰਧਾਨਗੀ ਵਿੱਚ ਵਰਚੁਅਲ ਬੈਠਕ ਕੀਤੀ ਜਿਸ ਵਿੱਚ ਉਹਨਾਂ ਫ਼ੈਸਲਾ ਕੀਤਾ ਕਿ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ‘ਸੰਯੁਕਤ ਕਿਸਾਨ ਮੋਰਚ’ ਨਾਲ ਪੂਰੇ ਪੰਜਾਬ ਵਿੱਚ ਸਹਿਯੋਗ ਦਿੱਤਾ ਜਾਵੇਗਾ।
ਇਸ ਤੋਂ ਬਾਅਦ 28 ਮਾਰਚ ਨੂੰ ਹੋਲੀ ਵਾਲੇ ਦਿਨ ਤਿੰਨ ਖੇਤੀ ਕਾਨੂੰਨਾਂ ਅਤੇ ਰਾਸ਼ਟਰੀ ਸਿੱਖਿਆ ਨੀਤੀ 2020 ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਅਧਿਆਪਕ ਆਗੂਆਂ ਨੇ ਕਿਹਾ ਕਿ ਮੌਜੂਦਾ ਸੰਯੁਕਤ ਕਿਸਾਨ ਮੋਰਚੇ ਦਾ ਚੱਲ ਰਿਹਾ ਅੰਦੋਲਨ ਸਿਰਫ਼ ਕਿਸਾਨਾਂ ਦਾ ਅੰਦੋਲਨ ਨਹੀਂ ਹੈ ਸਗੋਂ ਇਸ ਸੰਘਰਸ਼ ਨਾਲ ਵਿਦਿਆਰਥੀ, ਮਜ਼ਦੂਰ ਅਤੇ ਮੁਲਾਜ਼ਮ ਵਰਗ ਦੇ ਹਿੱਤ ਵੀ ਜੁੜੇ ਹੋਏ ਹਨ।
26 ਮਾਰਚ ਦੇ ਭਾਰਤ ਬੰਦ ਦੌਰਾਨ ਵੱਡੇ ਪੱਧਰ ਤੇ ਸਹਿਯੋਗ ਕੀਤਾ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 28 ਮਾਰਚ ਨੂੰ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੇ ਸੱਦੇ ਨੂੰ ਸਕੂਲਾਂ ਵਿੱਚ ਕਾਲੇ ਕਾਨੂੰਨਾਂ ਸਮੇਤ ਨਿੱਜੀਕਰਨ, ਕੇਂਦਰੀਕਰਨ ਅਤੇ ਵਪਾਰੀਕਰਨ ਪੱਖੀ ਰਾਸ਼ਟਰੀ ਸਿੱਖਿਆ ਨੀਤੀ 2020 ਦੀਆਂ ਕਾਪੀਆਂ ਸਾੜ ਕੇ ਮਨਾਇਆ ਜਾਵੇਗਾ।
