CM ਚੰਨੀ ਵੱਲੋਂ ਪਾਵਰਕਾਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਸਮਝੌਤਾ ਰੱਦ ਦੀ ਮਨਜ਼ੂਰੀ

ਅਕਾਲੀ ਦਲ ਭਾਜਪਾ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਹੋਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੋਇੰਦਵਾਲ ਸਾਹਿਬ ਮਗਰੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਪੰਜਾਬ ਵਿੱਚ ਮਹਿੰਗੀ ਬਿਜਲੀ ਵੱਡਾ ਮੁੱਦਾ ਬਣਿਆ ਹੋਇਆ ਹੈ ਜਿਸ ਕਰਕੇ ਪੰਜਾਬ ਸਰਕਾਰ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਲੋਕਾਂ ਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਵਿੱਤੀ ਸਾਲ 2018-19, ਵਿੱਤੀ ਸਾਲ 2019-20 ਤੇ 2020-21 ਦੌਰਾਨ ਬਿਜਲੀ ਦੀ ਕੀਮਤ ਔਸਤਨ ਪ੍ਰਤੀ ਯੂਨਿਟ ਕਰਮਵਾਰ 5.10 ਰੁਪਏ, 5.55 ਰੁਪਏ ਤੇ 5.30 ਰੁਪਏ ਰਹੀ ਜਦਕਿ ਇਹਨਾਂ ਸਾਲਾਂ ਦੌਰਾਨ ਆਰਜ਼ੀ ਤੌਰ ਤੇ ਮਾਰਕਿਟ ਵਿੱਚ ਬਿਜਲੀ ਦੀ ਔਸਤਨ ਕੀਮਤ ਕਰਮਵਾਰ 3.86 ਰੁਪਏ, 3.21 ਤੇ 3.01 ਰੁਪਏ ਪ੍ਰਤੀ ਯੂਨਿਟ ਪਾਈ ਗਈ ਸੀ।
ਉਹਨਾਂ ਕਿਹਾ ਕਿ ਮੌਜੂਦਾ ਕੀਮਤਾਂ ਮੁਤਾਬਕ ਪਾਵਰਕੌਮ ਨੂੰ ਸਾਲਾਨਾ 1800 ਕਰੋੜ ਰੁਪਏ ਦੀ ਵਾਧੂ ਕੀਮਤ ਸਹਿਣੀ ਪੈ ਰਹੀ ਹੈ ਤੇ ਬਿਜਲੀ ਖਰੀਦ ਸਮਝੌਤੇ ਦੇ ਬਾਕੀ ਰਹਿੰਦੇ ਸਮੇਂ ਲਈ 36000 ਕਰੋੜ ਹੋਰ ਬਣਦੇ ਹਨ।
