CM ਮਾਨ ਨਾਲ ਕਿਸਾਨਾਂ ਨੇ ਕੀਤੀ ਮੀਟਿੰਗ, ਸੀਐਮ ਨੇ ਕਿਸਾਨਾਂ ਦੇ ਮੁੱਦੇ ਹੱਲ ਜਲਦ ਕਰਵਾਉਣ ਦਾ ਦਿੱਤਾ ਭਰੋਸਾ

 CM ਮਾਨ ਨਾਲ ਕਿਸਾਨਾਂ ਨੇ ਕੀਤੀ ਮੀਟਿੰਗ, ਸੀਐਮ ਨੇ ਕਿਸਾਨਾਂ ਦੇ ਮੁੱਦੇ ਹੱਲ ਜਲਦ ਕਰਵਾਉਣ ਦਾ ਦਿੱਤਾ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਕਿਸਾਨਾਂ ਦੇ ਬਹੁਤ ਸਾਰੇ ਮੁੱਦਿਆਂ ਤੇ ਚਰਚਾ ਕੀਤੀ ਗਈ ਹੈ। ਉਹਨਾਂ ਨੇ ਕਿਸਾਨਾਂ ਵੱਲੋਂ ਪਾਲ਼ੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

Image

ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੌਕੇ ਤੇ ਫ਼ਸਲਾਂ ਦੀ ਅਦਾਇਗੀ ਵੀ ਸਿੱਧਾ ਬੈਂਕ ਖਾਤੇ ਵਿੱਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਲੋਡਿੰਗ/ਢੋਆ-ਢੁਆਈ ਲਈ ਇਜਾਜ਼ਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ 17000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਰਹੀ ਹੈ, ਬਾਕੀ ਰਹਿੰਦੇ ਕਿਸਾਨਾਂ ਦੀ ਅਦਾਇਗੀ ਵੀ ਇੱਕ ਹਫ਼ਤੇ ਵਿੱਚ ਕਰ ਦਿੱਤੀ ਜਾਵੇਗੀ। ਲੰਪੀ ਸਕਿਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧਨ ਦੀ ਵਿਸਤ੍ਰਿਤ ਸੂਚੀ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ। ਸੂਬਾ ਸਰਕਾਰ ਇਸ ਬਿਮਾਰੀ ਕਾਰਨ ਪਸ਼ੂ ਧਨ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਚੁੱਕੇਗੀ।

ਪੰਜਾਬ ਵਿੱਚ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕਈ ਕੇਸ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੇਸ ਵੀ ਜਲਦ ਹੀ ਰੱਦ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕੁੱਲ 624 ਕਿਸਾਨਾਂ ਵਿੱਚੋਂ 326 ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਸੀਐਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਸਰਕਾਰ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂ ‘ਤੇ ਯਾਦਗਾਰ ਉਸਾਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ। ਭਵਿੱਖ ਵਿੱਚ ਮੂੰਗੀ ਦੀ ਫਸਲ ਦੀ ਖਰੀਦ ਲਈ ਅਗਾਊਂ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਐੱਫ.ਆਈ.ਆਰਜ਼ ਦਾ ਮੁੱਦਾ ਰੇਲਵੇ ਮੰਤਰਾਲੇ ਕੋਲ ਵੀ ਉਠਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।  ਮੀਟਿੰਗ ਦੌਰਾਨ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 15 ਅਕਤੂਬਰ ਤੋਂ ਪਸ਼ੂ ਮੇਲੇ ਮੁੜ ਸ਼ੁਰੂ ਹੋਣਗੇ।

ਵਿਚਾਰ-ਵਟਾਂਦਰੇ ‘ਚ ਹਿੱਸਾ ਲੈਂਦਿਆਂ ਕਿਸਾਨਾਂ ਨੇ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪ੍ਰਾਈਵੇਟ ਮਿੱਲਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਦਖ਼ਲ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਖੰਡ ਮਿੱਲਾਂ ਵਿੱਚ ਪਿੜਾਈ ਸੀਜ਼ਨ 5 ਨਵੰਬਰ ਤੋਂ ਸ਼ੁਰੂ ਹੋਵੇਗਾ, ਜਿਸ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 11 ਅਕਤੂਬਰ ਨੂੰ ਮੀਟਿੰਗ ਕੀਤੀ ਜਾਵੇਗੀ।

Leave a Reply

Your email address will not be published.