ਟਵਿੱਟਰ ਇੰਡੀਆ ਨੇ ਕਾਂਗਰਸ ਪਾਰਟੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਨੂੰ ਵੀ ਲੌਕ ਕਰ ਦਿੱਤਾ ਹੈ। ਇਹ ਦਾਅਵਾ ਖੁਦ ਕਾਂਗਰਸੀ ਪਾਰਟੀ ਨੇ ਕੀਤਾ ਹੈ। ਕੰਪਨੀ ਨੇ ਕਿਹਾ ਕਿ ਕਾਂਗਰਸ ਨੇ ਟਵਿੱਟਰ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਇਸ ਲਈ ਉਹਨਾਂ ਦੇ ਖਾਤੇ ਨੂੰ ਅਸਥਾਈ ਤੌਰ ਤੇ ਲੌਕ ਕਰ ਦਿੱਤਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਕਈ ਕਾਂਗਰਸੀ ਨੇਤਾਵਾਂ ਦੇ ਖਾਤਿਆਂ ‘ਤੇ ਕਾਰਵਾਈ ਕੀਤੀ ਗਈ ਸੀ ਤੇ ਚਾਰ ਦਿਨ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi) ਦੇ ਅਕਾਊਂਟ ਨੂੰ ਵੀ ਲੌਕ ਕਰ ਦਿੱਤਾ ਗਿਆ ਸੀ।
ਰਾਹੁਲ ਗਾਂਧੀ ਦਾ ਟਵਿੱਟਰ ਅਕਾਊਂਟ ਅਜੇ ਵੀ ਬੰਦ ਹੈ। ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਕੇਂਦਰੀ ਮੰਤਰੀ ਅਜੇ ਮਾਕਨ, ਲੋਕ ਸਭਾ ਵਿੱਚ ਪਾਰਟੀ ਵ੍ਹਿਪ ਮਨਿਕਮ ਟੈਗੋਰ, ਅਸਾਮ ਦੇ ਇੰਚਾਰਜ ਤੇ ਸਾਬਕਾ ਕੇਂਦਰੀ ਮੰਤਰੀ ਜਤਿੰਦਰ ਸਿੰਘ ਤੇ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਦੇ ਟਵਿੱਟਰ ਅਕਾਊਂਟ ਵੀ ਮੁਅੱਤਲ ਕਰ ਦਿੱਤੇ ਗਏ ਹਨ।
ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਪਿਛਲੇ ਹਫ਼ਤੇ ਦਿੱਲੀ ਵਿੱਚ ਕਥਿਤ ਤੌਰ ਤੇ ਬਲਾਤਕਾਰ ਤੇ ਕਤਲ ਦੀ ਸ਼ਿਕਾਰ ਨੌਂ ਸਾਲਾ ਬੱਚੀ ਦੇ ਪਰਿਵਾਰ ਨਾ ਉਸ ਦੀਆਂ ਤਸਵੀਰਾਂ ਟਵੀਟ ਕੀਤੀਆਂ ਸਨ। ਇਸ ਤੋਂ ਬਾਅਦ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਰਾਹੁਲ ਗਾਂਧੀ ਦੇ ਟਵੀਟ ਦਾ ਨੋਟਿਸ ਲਿਆ ਅਤੇ ਟਵਿੱਟਰ ਨੂੰ ਹੁਕਮ ਦਿੱਤਾ ਕਿ ਉਹ ਨਾਬਾਲਗ ਪੀੜਤ ਦੀ ਗੋਪਨੀਯਤਾ ਦੀ ਉਲੰਘਣਾ ਕਰਨ ਵਾਲੇ ਨੇਤਾ ਰਾਹੁਲ ਗਾਂਧੀ ਦੇ ਅਕਾਊਂਟ ਵਿਰੁੱਧ ਕਾਰਵਾਈ ਦਾ ਹੁਕਮ ਦਿੱਤਾ ਸੀ।
