DGP ਤੋਂ ਬਾਅਦ AG ਦੀ ਨਿਯੁਕਤੀ ਨੂੰ ਲੈ ਕੇ ਛਿੜਿਆ ਵਿਵਾਦ, ਵਿਰੋਧੀਆਂ ਨੇ ਜਤਾਇਆ ਇਤਰਾਜ਼

ਪੰਜਾਬ ਡੀਜੀਪੀ ਤੋਂ ਬਾਅਦ ਨਵੇਂ ਐਡਵੋਕੇਟ ਜਰਨਲ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ ਤੇ ਜਾਣ ਤੋਂ ਬਾਅਦ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਉਹਨਾਂ ਦੀ ਤਾਂ ਡੀਜੀਪੀ ਬਣਾਉਣ ਦਾ ਮਾਮਲਾ ਅਜੇ ਠੰਡਾ ਪੈ ਹੀ ਰਿਹਾ ਸੀ ਕਿ 5 ਦਿਨ ਦੀ ਸਖ਼ਤ ਮਿਹਨਤ ਤੋਂ ਬਾਅਦ ਐਡਵੋਕੇਟ ਜਰਨਲ ਦੀ ਨਿਯੁਕਤੀ ਨੇ ਚਰਨਜੀਤ ਚੰਨੀ ਦੀ ਸਰਕਾਰ ਨੂੰ ਸਵਾਲਾਂ ਨਾਲ ਘੇਰ ਲਿਆ ਹੈ।

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਜੀਤ ਸਿੰਘ ਦਿਓਲ ਨੂੰ ਐਡਵੋਕੇਟ ਜਰਨਲ ਨਿਯੁਕਤ ਕਰ ਦਿੱਤਾ ਹੈ। ਵਿਰੋਧੀ ਧਿਰ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਕਿਹਾ ਕਿ ਹੁਣ ਸਿੱਖਾਂ ਨੂੰ ਬੇਅਦਬੀ ਮਾਮਲੇ ਵਿੱਚ ਨਿਆਂ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ। ਹਾਲਾਂਕਿ ਅਮਰਪ੍ਰੀਤ ਸਿੰਘ ਦਿਓਲ ਨੇ ਕਿਹਾ ਕਿ ਉਹਨਾਂ ਦਾ ਬੇਅਦਬੀ ਮਾਮਲਿਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਉਹ ਕਾਨੂੰਨ-ਵਿਵਸਥਾ ਨਾਲ ਸਬੰਧਤ ਕੋਕਟਪੂਰਾ ਗੋਲੀਕਾਂਡ ਵਿੱਚ ਸਿਰਫ ਇੱਕ ਪੁਲਿਸ ਅਧਿਕਾਰੀ ਦੇ ਵਕੀਲ ਰਹੇ ਹਨ, ਜਿਸ ਦਾ ਹੁਣ ਨਿਬੇੜਾ ਹੋ ਚੁੱਕਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਰੁਕੀ ਹੋਈ ਐਡਵੋਕੇਟ ਜਰਨਲ ਦੀ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਏਪੀਐਸ ਦਿਓਲ ਨੂੰ ਨਵਾਂ ਐਡਵੋਕੇਟ ਜਰਨਲ ਨਿਯੁਕਤ ਕੀਤਾ ਗਿਆ।
ਦਿਓਲ ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਹਨ। ਕਾਂਗਰਸ ਦੇ ਸੀਨੀਅਰ ਆਗੂਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨਵਜੋਤ ਸਿੱਧੂ ਨੇ ਬੇਅਦਬੀ ਮਾਮਲੇ ਵਿੱਚ ਦੋਸ਼ੀਆਂ ਨੂੰ ਨਿਆਂ ਦਿਵਾਉਣ ਵਿੱਚ ਨਾਕਾਮ ਰਹਿਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਬਗਾਵਤ ਕਰਨ ਤੇ ਉਹਨਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ। ਆਮ ਆਦਮੀ ਪਾਰਟੀ ਦੇ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬੇਅਦਬੀ ਮਾਮਲੇ ‘ਚ ਸਿਆਸਤ ਕੀਤੀ ਜਾ ਰਹੀ ਹੈ। ਪਹਿਲਾਂ ਬਾਦਲ ਸਰਕਾਰ ਤੇ ਹੁਣ ਕਾਂਗਰਸ ਇਸ ‘ਤੇ ਸਿਆਸਤ ਕਰ ਰਹੀ ਹੈ।
ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਏਪੀਐਸ ਦਿਓਲ ਨੂੰ ਏਜੀ ਨਿਯੁਕਤ ਕਰਨਾ ਹਿੱਤਾਂ ਦਾ ਟਕਰਾਅ ਹੈ। ਉਹ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਵਕੀਲ ਰਹੇ ਹਨ, ਜਿਨ੍ਹਾਂ ਨੂੰ ਇਨ੍ਹਾਂ ਮਾਮਲਿਆਂ ‘ਚ ਉਨ੍ਹਾਂ ਨੇ ਜ਼ਮਾਨਤ ਦਿਵਾਈ ਹੈ। ਅਜਿਹੇ ‘ਚ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਨਾਂਹ ਦੇ ਬਰਾਬਰ ਹੈ। ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਪਹਿਲਾਂ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਨਿਯੁਕਤ ਕੀਤਾ ਗਿਆ ਸੀ, ਜੋ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੇ ਮੁਖੀ ਸਨ।
ਉਨ੍ਹਾਂ ਨੇ ਸਿਰਫ਼ ਬੇਗੁਨਾਹ ਸਿੱਖਾਂ ਵਿਰੁੱਧ ਕੇਸ ਦਾਇਰ ਕੀਤੇ। ਹੁਣ ਉਸ ਨੂੰ ਏਜੀ ਬਣਾ ਦਿੱਤਾ, ਜੋ ਮੁਲਜ਼ਮਾਂ ਦਾ ਵਕੀਲ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਾਂਗਰਸ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਦੀ ਪੰਜਾਬ ਸਰਕਾਰ ਦੇ ਐਡਵੋਕੇਟ ਜਰਨਲ ਵਜੋਂ ਨਿਯੁਕਤੀ ਤੇ ਸਖ਼ਤ ਇਤਰਾਜ਼ ਜਤਾਇਆ ਹੈ।
